ਫਰੀਦਕੋਟ ਦੀ ਰਾਸ਼ਟਰੀ ਲੋਕ ਅਦਾਲਤ ਵਿੱਚ 1277 ਕੇਸਾਂ ਦਾ ਹੋਇਆ ਨਿਪਟਾਰਾ

10 ਕਰੋੜ 79 ਲੱਖ 81 ਹਜ਼ਾਰ 709 ਰੁਪਏ ਦੇ ਅਵਾਰਡ ਕੀਤੇ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਫਰੀਦਕੋਟ

ਫਰੀਦਕੋਟ, (12) ਮਾਰਚ ਅੱਜ 12 ਮਾਰਚ, 2022 ਨੂੰ ਜ਼ਿਲ੍ਹਾ ਫਰੀਦਕੋਟ ਵਿੱਚ ਅਤੇ ਇਸ ਦੀ ਸਬ-ਡਵੀਜ਼ਨ ਜੈਤੋ ਵਿਖੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਧੀਨ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 11 ਬੈਂਚ ਬਣਾਏ ਗਏ ਅਤੇ 1 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦਾ ਬਣਾਇਆ ਗਿਆ।

- Advertisement -

ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਰਾਜਵੰਤ ਕੌਰ ਨੇ ਦੱਸਿਆ ਕਿ ਇਹ ਰਾਸ਼ਟਰੀ ਲੋਕ ਅਦਾਲਤ ਅੱਜ ਮਾਣਯੋਗ ਸ਼੍ਰੀ ਅਜੈ ਤਿਵਾੜੀ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸ੍ਰੀ ਸੁਮੀਤ ਮਲਹੋਤਰਾ ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ ਫਰੀਦਕੋਟ ਦੀ ਰਹਿਨੁਮਾਈ ਹੇਠ ਲਗਾਈ ਗਈ।

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵੱਲੋਂ 230 ਪ੍ਰੀ-ਲਿਟੀਗੇਟਿਵ ਅਤੇ 1047 ਪੈਂਡਿੰਗ ਕੇਸਾਂ ਦਾ ਨਬੇੜਾ ਆਪਸੀ ਰਾਜੀਨਾਮੇ ਤਹਿਤ ਕਰਵਾਇਆ ਗਿਆ ਅਤੇ 10 ਕਰੋੜ 79 ਲੱਖ 81 ਹਜ਼ਾਰ 709 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਰਿਸ਼ਤੇ ਵੀ ਮਜ਼ਬੂਤ ਹੁੰਦੇ ਹਨ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ਼ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੀ ਰਾਸ਼ਟਰੀ ਲੋਕ ਅਦਾਲਤ ਮਿਤੀ 14.05.2022 ਨੂੰ ਲਗਾਈ ਜਾਵੇਗੀ।